
ਪੰਜਾਬ ਦੀ ਰਾਜਨੀਤੀ ਵਿੱਚ ਢਾਈ ਦਹਾਕਿਆਂ ਤੱਕ ਗੱਠਜੋੜ ਤਹਿਤ ਚੋਣ ਰਾਜਨੀਤੀ ਵਿੱਚ ਦਬਦਬਾ ਬਣਾਈ ਰੱਖਣ ਵਾਲੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਾਰ ਮੁੜ ਇੱਕ ਦੂਜੇ ਦੇ ਨਜ਼ਦੀਕ ਆਉਣ ਦੇ ਆਸਾਰ ਬਣ ਗਏ ਹਨ। ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਸ ਤਰ੍ਹਾਂ ਡੇਰਾ ਸਿਰਸਾ ਅਤੇ ਡੇਰਾ ਬਿਆਸ ਵੱਲੋਂ ਕੀਤੀ ਹਮਾਇਤ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਉਸ ਤੋਂ ਇਹੀ ਕਿਆਫ਼ੇ ਲਾਏ ਜਾ ਰਹੇ ਹਨ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਲਟਕਵੀਂ ਵਿਧਾਨ ਸਭਾ ਆਉਣ ਦੀ ਸੂਰਤ ਵਿੱਚ ਮੁੜ ਗੱਠਜੋੜ ਕਰਨ ਲਈ ਤਿਆਰ ਹੋ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਆਗੂਆਂ ਨੇ ਵੀ ਇਹ ਸੰਕੇਤ ਦੇਣੇ ਸ਼ੁਰੂ ਕਰ ਦਿੱਤੇ ਹਨ ਕਿ ਨਤੀਜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਜੇਕਰ ਗੱਠਜੋੜ ਦੀ ਜ਼ਰੂਰਤ ਪੈਂਦੀ ਹੈ ਤਾਂ ਦੋਵੇਂ ਪਾਰਟੀਆਂ ਇਸ ਦੇ ਲਈ ਸਰਗਰਮੀ ਨਾਲ ਕੰਮ ਕਰਨਗੀਆਂ। ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜ਼ਿਆਦਾਤਰ ਵਿਧਾਨ ਸਭਾ ਹਲਕਿਆਂ ਅੰਦਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੇ ਗੱਠਜੋੜ ਦੇ ਉਮੀਦਵਾਰਾਂ ਦਰਮਿਆਨ ਟੱਕਰ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਭਾਵੇਂ ਸਪੱਸ਼ਟ ਬਹੁਮਤ ਮਿਲਣ ਦੀ ਆਸ ਪ੍ਰਗਟਾਈ ਜਾ ਰਹੀ ਹੈ ਪਰ ਇਹ ਸਿਆਸੀ ਧਿਰਾਂ ਗੱਠਜੋੜ ਲਈ ਵੀ ਸੋਚਣ ਲਈ ਮਜਬੂਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਲਟਵਕੀਂ ਵਿਧਾਨ ਸਭਾ ਆਉਣ ਦੀ ਸੂਰਤ ਵਿੱਚ ਕਾਂਗਰਸ ਜਾਂ ਆਮ ਆਦਮੀ ਪਾਰਟੀ ਨਾਲ ਤਾਂ ਗੱਠਜੋੜ ਸੰਭਵ ਨਹੀਂ ਹੈ। ਇਸ ਕਾਰਨ ਗੱਠਜੋੜ ਲਈ ਭਾਜਪਾ ਨਾਲ ਹੀ ਰਾਹ ਤਲਾਸ਼ਿਆ ਜਾ ਸਕਦਾ ਹੈ। ਇਸੇ ਤਰ੍ਹਾਂ ਦੀ ਦਲੀਲ ਭਾਜਪਾ ਆਗੂਆਂ ਵੱਲੋਂ ਵੀ ਦਿੱਤੀ ਜਾ ਰਹੀ ਹੈ। ਇੱਥੇ ਮਹੱਤਵਪੂਰਨ ਤੱਥ ਇਹ ਵੀ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਇੱਕ-ਦੂਜੇ ਦੇ ਖਿਲਾਫ਼ ਚੁੱਭਵੀਂ ਬਿਆਨਬਾਜ਼ੀ ਤੋਂ ਗੁਰੇਜ਼ ਹੀ ਕੀਤਾ ਹੈ।