ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਜ਼ਿੰਮੇਵਾਰ ਹਨ। ਪੰਜਾਬ ’ਤੇ ਰਾਜ ਕਰਨ ਲਈ ਇਹ ਝੂਠੀਆਂ ਸਹੁੰਆਂ ਦਾ ਸਹਾਰਾ ਲੈਂਦੇ ਹਨ ਪਰ ਇਸ ਵਾਰ ਪੰਜਾਬ ਦੇ ਲੋਕ ਸਮਝ ਚੁੱਕੇ ਹਨ। ਇਸ ਵਾਰ ਪੰਜਾਬੀ ਅਕਾਲੀ ਦਲ ਤੇ ਕਾਂਗਰਸ ਨੂੰ ਨਕਾਰ ਦੇਣਗੇ। ਉਹ ਅੱਜ ਇੱਥੇ ਪਟਿਆਲਾ ਦਿਹਾਤੀ ਤੋਂ ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕਰਨ ਆਏ ਸਨ।
ਸਿਸੋਦੀਆ ਨੇ ਕਿਹਾ ਕਿ ਬੀਤੇ ਦਿਨ ਨਰਿੰਦਰ ਮੋਦੀ ਤੇ ਰਾਹੁਲ ਗਾਂਧੀ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਕਰ ਕੇ ਗਏ ਹਨ ਪਰ ਸਵਾਲ ਇਹ ਹੈ ਕਿ ਪੰਜਾਬ ਨੂੰ ਕਰਜ਼ੇ ਵਿਚ ਫਸਾਇਆ ਕਿਸ ਨੇ ਹੈ। ‘ਆਪ’ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਤਾਂ ਉਨ੍ਹਾਂ ਦੇ ਪੁਰਾਣੇ ਸਾਥੀਆਂ ਦਾ ਵੀ ਸਮਰਥਨ ਨਹੀਂ ਮਿਲ ਰਿਹਾ। ਉਨ੍ਹਾਂ ਦੀ ਹਾਰ ਪੱਕੀ ਹੈ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ’ਚੋਂ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਕੇਬਲ ਮਾਫ਼ੀਆ ਸਮੇਤ ਟਰਾਂਸਪੋਰਟ ਮਾਫ਼ੀਆ ਦਾ ਅੰਤ ਕਰਨ ਲਈ ਆਏ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਰ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹਨ।